ਦਲਜੀਤ ਸਿੰਘ ਦੀ ਮੌਤ ’ਤੇ ਪਰਿਵਾਰ ਨੇ ਚਿੱਟੇ ਦੀ ਓਵਰਡੋਜ਼ ਦਾ ਖ਼ਦਸ਼ਾ ਜਤਾਇਆ, ਪੁਲਿਸ ਮੁਤਾਬਕ ਕਤਲ ਦਾ ਮਾਮਲਾ; ਤਿੰਨ ਮੁਲਜ਼ਮ ਗ੍ਰਿਫ਼ਤਾਰ, ਝੋਟਾ ਕਤਲ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਵਿਚਾਲੇ ਸਿਆਸੀ ਆਗੂਆਂ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ।
ਮਾਨਸਾ: ਪੰਜਾਬ ਦੇ ਮਾਨਸਾ ਵਿੱਚ 35 ਸਾਲਾ ਕਿਸਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਤੋਂ ਬਾਅਦ ਤਣਾਅ ਵਧ ਗਿਆ ਹੈ। ਭਾਮੇ ਕਲਾਂ ਪਿੰਡ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਲਾਸ਼ ਮੰਗਲਵਾਰ ਸਵੇਰੇ ਰਾਮਾਨੰਦੀ ਪਿੰਡ ਦੀ ਸੜਕ ਕਿਨਾਰੇ ਮਿਲੀ ਸੀ। ਉਸ ਦੇ ਪਰਿਵਾਰ ਨੇ ਖ਼ਦਸ਼ਾ ਜਤਾਇਆ ਕਿ ਉਸ ਦੀ ਮੌਤ ਚਿੱਟੇ ਦੀ ਓਵਰਡੋਜ਼ ਕਾਰਨ ਹੋਈ ਹੈ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਦਲਜੀਤ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਮਾਰੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਸਮਰਥਕਾਂ ਨੇ ਲਾਸ਼ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਚੱਲ ਰਹੇ ਧਰਨੇ ਵਾਲੀ ਥਾਂ ’ਤੇ ਲਿਜਾਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਰਾਮਦਿੱਤੇਵਾਲਾ ਚੌਕ ਨੇੜੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੋਈ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਨ੍ਹਾਂ ਵਿੱਚ ਗੈਂਗਸਟਰ ਤੋਂ ਸਿਆਸਤਦਾਨ ਬਣੇ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਇੱਕ ਮਹਿਲਾ ਕਾਰਕੁਨ ਵੀ ਸ਼ਾਮਲ ਸਨ।
ਪੁਲਿਸ ਨੇ ਬਾਅਦ ਵਿੱਚ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਬਠਿੰਡਾ ਸਥਿਤ ਏਮਜ਼ (AIIMS) ਪਹੁੰਚਾ ਦਿੱਤੀ। ਇਸ ਕਾਰਵਾਈ ਨੂੰ ਲੈ ਕੇ ਪਰਿਵਾਰ, ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਸਿਆਸੀ ਆਗੂਆਂ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਆਪਣੇ ਮੈਂਬਰ ਦੇ ਅੰਤਿਮ ਸੰਸਕਾਰ ਸਬੰਧੀ ਫ਼ੈਸਲਾ ਕਰਨ ਦਾ ਹੱਕ ਮਿਲਣਾ ਚਾਹੀਦਾ ਹੈ।
ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕੀਤਾ, ਤਿੰਨ ਮੁਲਜ਼ਮ ਗ੍ਰਿਫ਼ਤਾਰ
ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਮੁਤਾਬਕ, ਮੁੱਢਲੀ ਜਾਂਚ ਵਿੱਚ ਮਾਮਲਾ ਨਸ਼ੇ ਦੀ ਓਵਰਡੋਜ਼ ਦੀ ਬਜਾਏ ਕਤਲ ਦਾ ਜਾਪਦਾ ਹੈ। ਪੁਲਿਸ ਅਨੁਸਾਰ, ਚਿੱਟੇ ਰੰਗ ਦੀ ਸਵਿਫ਼ਟ ਕਾਰ ਵਿੱਚ ਸਵਾਰ ਚਾਰ ਵਿਅਕਤੀ ਲਾਸ਼ ਨੂੰ ਸੜਕ ਕਿਨਾਰੇ ਸੁੱਟ ਕੇ ਫ਼ਰਾਰ ਹੋ ਗਏ ਸਨ।
ਪੁਲਿਸ ਨੇ ਦਲਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਮੁਤਾਬਕ, ਇਸ ਮਾਮਲੇ ਵਿੱਚ ਨਾਮਜ਼ਦ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਸੁੱਟਣ ਲਈ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ।
ਇਸ ਤੋਂ ਇਲਾਵਾ, ਪੁਲਿਸ ਟੀਮ ’ਤੇ ਹਮਲੇ ਦੇ ਦੋਸ਼ ਹੇਠ ਇਰਾਦਾ-ਏ-ਕਤਲ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਟਕਰਾਅ ਦੌਰਾਨ ਇੱਕ ਮੁਲਾਜ਼ਮ ਜ਼ਖ਼ਮੀ ਹੋਇਆ ਸੀ, ਜਦਕਿ ਕੁਝ ਹੋਰ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਮੌਤ ਦੇ ਅਸਲ ਕਾਰਨ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੋਵੇਗੀ।
SSP ਵੈਭਵ ਚੌਧਰੀ ਦਾ ਬਿਆਨ
ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਜਾਂਚ ਦੌਰਾਨ ਇੱਕ ਚਿੱਟੇ ਰੰਗ ਦੀ ਕਾਰ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਉਨ੍ਹਾਂ ਮੁਤਾਬਕ, ਕੁਝ ਅਣਪਛਾਤੇ ਵਿਅਕਤੀ ਕਾਰ ਵਿੱਚ ਆਏ ਸਨ ਅਤੇ ਸੜਕ ਕਿਨਾਰੇ ਲਾਸ਼ ਛੱਡ ਕੇ ਚਲੇ ਗਏ ਸਨ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਮੌਕੇ ’ਤੇ ਪਹੁੰਚਣ ਤੋਂ ਬਾਅਦ ਜਾਂਚ ਵਿੱਚ ਜੁੱਟ ਗਈਆਂ ਅਤੇ ਪਰਿਵਾਰ ਨਾਲ ਗੱਲਬਾਤ ਕਰਕੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਐੱਸਐੱਸਪੀ ਮੁਤਾਬਕ, ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਬਾਕੀ ਤਿੰਨ ਵਿਅਕਤੀਆਂ ਨੂੰ ਫੜਨ ਲਈ ਪੁਲਿਸ ਟੀਮਾਂ ਕਾਰਵਾਈ ਕਰ ਰਹੀਆਂ ਹਨ।
ਐੱਸਐੱਸਪੀ ਨੇ ਕਿਹਾ ਕਿ ਮੁੱਢਲੇ ਤੱਥਾਂ ਦੇ ਆਧਾਰ ’ਤੇ ਮਾਮਲਾ ਕਤਲ ਦਾ ਜਾਪਦਾ ਹੈ, ਪਰ ਮੌਤ ਦੇ ਅਸਲ ਕਾਰਨ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੀ ਕੀਤੀ ਜਾ ਸਕੇਗੀ।
ਮਾਨਸਾ ਮੌਤ ਮਾਮਲਾ: ਪਤਨੀ ਨੇ ਲਾਏ ਪੁਲਿਸ ’ਤੇ ਦੋਸ਼
ਪੰਜਾਬ ਦੇ ਮਾਨਸਾ ਵਿੱਚ ਦਿਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਪੁਲਿਸ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੁਲਿਸ ਉਨ੍ਹਾਂ ਨੂੰ ਕਾਗਜ਼ਾਂ ’ਤੇ ਦਸਤਖ਼ਤ ਕਰਨ ਲਈ ਮਜਬੂਰ ਕਰ ਰਹੀ ਹੈ, ਜਦਕਿ ਮ੍ਰਿਤਕ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਨੇ ਹਿਰਾਸਤ ਵਿੱਚ ਲਏ ਗਏ ਸਾਰੇ ਪਿੰਡ ਵਾਸੀਆਂ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਹੈ।
ਪਰਮਜੀਤ ਕੌਰ ਨੇ ਕਿਹਾ, “ਪੁਲਿਸ ਸਾਡੇ ਤੋਂ ਕਾਗਜ਼ਾਂ ’ਤੇ ਦਸਤਖ਼ਤ ਕਰਵਾਉਣ ਲਈ ਦਬਾਅ ਪਾ ਰਹੀ ਹੈ, ਪੋਸਟਮਾਰਟਮ ਵੀ ਨਹੀਂ ਕਰਵਾ ਰਹੀ। ਅਸੀਂ ਮੰਗ ਕਰਦੇ ਹਾਂ ਕਿ ਹਿਰਾਸਤ ਵਿੱਚ ਲਏ ਗਏ ਸਾਰੇ ਪਿੰਡ ਵਾਸੀਆਂ ਨੂੰ ਰਿਹਾਅ ਕੀਤਾ ਜਾਵੇ।”
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਪ੍ਰਦਰਸ਼ਨ

ਦਲਜੀਤ ਸਿੰਘ ਦੀ ਲਾਸ਼ ਪੁਲਿਸ ਵੱਲੋਂ ਕਬਜ਼ੇ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਬੁੱਧਵਾਰ ਨੂੰ ਪੰਜਾਬ ਦੇ 48 ਥਾਣਿਆਂ ਅੱਗੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ। ਜਥੇਬੰਦੀ ਦੇ ਆਗੂਆਂ ਮੁਤਾਬਕ, ਪ੍ਰਦਰਸ਼ਨ ਸਵੇਰੇ 11.30 ਵਜੇ ਤੋਂ ਦੁਪਹਿਰ 4 ਵਜੇ ਤੱਕ ਕੀਤੇ ਜਾਣੇ ਹਨ।
ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਮੰਗ ਕੀਤੀ ਕਿ ਦਲਜੀਤ ਦੀ ਲਾਸ਼ ਬਿਨਾਂ ਕਿਸੇ ਦੇਰੀ ਦੇ ਪਰਿਵਾਰ ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਅੰਤਿਮ ਸੰਸਕਾਰ ਕਦੋਂ ਅਤੇ ਕਿਵੇਂ ਕਰਨਾ ਹੈ, ਇਹ ਫ਼ੈਸਲਾ ਪਰਿਵਾਰ ਦਾ ਹੋਣਾ ਚਾਹੀਦਾ ਹੈ।
ਜਥੇਬੰਦੀ ਨੇ ਪੰਜਾਬ ਭਰ ਦੇ ਕਿਸਾਨਾਂ ਅਤੇ ਆਪਣੇ ਸਮਰਥਕਾਂ ਨੂੰ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਇੱਕ ਵੱਡਾ ਜਥਾ ਮਾਨਸਾ ਪਹੁੰਚ ਕੇ ਝੋਟਾ ਮਾਮਲੇ ਵਿੱਚ ਚੱਲ ਰਹੇ ਧਰਨੇ ਨੂੰ ਸਮਰਥਨ ਦੇਣ ਦੀ ਤਿਆਰੀ ਕਰ ਰਿਹਾ ਹੈ।
ਝੋਟਾ ਮਾਮਲੇ ਦੇ ਧਰਨੇ ਨੂੰ 14 ਦਿਨ ਪੂਰੇ
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਟਿੰਕੋਨੀ ਵਿਖੇ ਪਿਛਲੇ 14 ਦਿਨਾਂ ਤੋਂ ਧਰਨਾ ਜਾਰੀ ਹੈ। ਝੋਟਾ ਨੂੰ 13 ਅਕਤੂਬਰ ਨੂੰ ਇੱਕ ਕੈਮਿਸਟ ਦੀ ਦੁਕਾਨ ’ਤੇ ਕਥਿਤ ਤੌਰ ’ਤੇ ਪਾਬੰਦੀਸ਼ੁਦਾ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਹੋਏ ਟਕਰਾਅ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਇਸ ਘਟਨਾ ਦੀ ਫੇਸਬੁੱਕ ’ਤੇ ਲਾਈਵ ਸਟ੍ਰੀਮਿੰਗ ਵੀ ਹੋਈ ਸੀ, ਜਿਸ ਤੋਂ ਬਾਅਦ ਵਿਆਪਕ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ।
ਝੋਟਾ ਦੇ ਪਰਿਵਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਉਸ ਦੇ ਕਤਲ ਦੇ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਸਮੇਤ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਸੀਬੀਆਈ ਕਰ ਰਹੀ ਹੈ। ਝੋਟਾ ਦੀ ਲਾਸ਼ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਅਜੇ ਬਾਕੀ ਹਨ।
ਸਿਆਸੀ ਆਗੂਆਂ ਵੱਲੋਂ ਪੁਲਿਸ ਕਾਰਵਾਈ ਦੀ ਨਿੰਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਪ੍ਰਤੀਕਿਰਿਆ ਦਿੰਦਿਆਂ ਦਲਜੀਤ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਇੱਕ ਹੋਰ ਪਰਿਵਾਰ ਨੂੰ ਦੁੱਖ ਸਹਿਣਾ ਪੈ ਰਿਹਾ ਹੈ ਅਤੇ ਇੱਕ ਹੋਰ ਮਾਂ ਆਪਣੇ ਪੁੱਤਰ ਦੇ ਵਿਛੋੜੇ ਵਿੱਚ ਰੋ ਰਹੀ ਹੈ।
ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪੀੜਤ ਪਰਿਵਾਰ ਅਤੇ ਪਿੰਡ ਦੇ ਨੌਜਵਾਨਾਂ ਨੂੰ ਇਨਸਾਫ਼ ਦੀ ਮੰਗ ਕਰਨ ਤੋਂ ਰੋਕਿਆ ਜਾ ਰਿਹਾ ਹੈ।
ਭਾਜਪਾ ਨੇ ਦਸਤਾਰ ਦੀ ਬੇਅਦਬੀ ਦੇ ਲਾਏ ਦੋਸ਼
ਪੁਲਿਸ ਕਾਰਵਾਈ ’ਤੇ ਭਾਜਪਾ ਨੇ ਚੁੱਕੇ ਸਵਾਲ
ਭਾਜਪਾ ਦੀ ਪੰਜਾਬ ਇਕਾਈ ਨੇ ਮਾਨਸਾ ਵਿੱਚ ਪ੍ਰਦਰਸ਼ਨਕਾਰੀਆਂ ਨਾਲ ਹੋਈ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਹੈ। ਪਾਰਟੀ ਵੱਲੋਂ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਵਿੱਚ ਦੋਸ਼ ਲਾਇਆ ਗਿਆ ਕਿ ਪ੍ਰਦਰਸ਼ਨ ਦੌਰਾਨ ਇੱਕ ਗੁਰਸਿੱਖ ਦੀ ਦਸਤਾਰ ਲਾਹੀ ਗਈ ਅਤੇ ਉਸ ਨੂੰ ਵਾਲਾਂ ਤੋਂ ਫੜ ਕੇ ਸੜਕ ’ਤੇ ਘਸੀਟਿਆ ਗਿਆ।
ਭਾਜਪਾ ਨੇ ਇਸ ਕਾਰਵਾਈ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਦੱਸਦਿਆਂ ਪੁਲਿਸ ਦੇ ਵਿਹਾਰ ’ਤੇ ਸਵਾਲ ਚੁੱਕੇ ਹਨ।
ਬਿਕਰਮ ਸਿੰਘ ਮਜੀਠੀਆ ਨੇ 1984 ਨਾਲ ਕੀਤੀ ਤੁਲਨਾ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪੁਲਿਸ ਕਾਰਵਾਈ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਕਿ ਇੱਕ ਸਿੱਖ ਦੀ ਲਾਸ਼ ਨੂੰ ਸੜਕ ’ਤੇ ਘਸੀਟਿਆ ਗਿਆ ਅਤੇ ਇੱਕ ਅੰਮ੍ਰਿਤਧਾਰੀ ਸਿੱਖ ਦੇ ਕੇਸਾਂ ਤੇ ਕਕਾਰਾਂ ਦਾ ਨਿਰਾਦਰ ਕੀਤਾ ਗਿਆ।
ਮਜੀਠੀਆ ਨੇ ਇਸ ਘਟਨਾ ਦੀ ਤੁਲਨਾ 1984 ਦੇ ਦਰਦਨਾਕ ਦੌਰ ਨਾਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖੀ ਸਨਮਾਨ ਅਤੇ ਸਿੱਖ ਧਾਰਮਿਕ ਮਰਿਆਦਾ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
ਰਵਨੀਤ ਸਿੰਘ ਬਿੱਟੂ ਨੇ ਵੀ ਸਰਕਾਰ ਨੂੰ ਘੇਰਿਆ
ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਦਲਜੀਤ ਸਿੰਘ ਦੀ ਲਾਸ਼ ਪਰਿਵਾਰ ਤੋਂ ਲਏ ਜਾਣ ਦੀ ਨਿੰਦਾ ਕੀਤੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੁਲਿਸ ਦੀ ਕਾਰਵਾਈ ਅਣਮਨੁੱਖੀ ਸੀ ਅਤੇ ਇਸ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ।
ਬਿੱਟੂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ।
ਚੰਨੀ ਨੇ ਪੰਜਾਬ ਸਰਕਾਰ ’ਤੇ ਲਾਏ ਦੋਸ਼
ਦਲਜੀਤ ਸਿੰਘ ਦੀ ਮੌਤ ਬਾਰੇ ਪ੍ਰਤੀਕਿਰਿਆ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨਾਲ ਜ਼ਿਆਦਤੀਆਂ ਹੋ ਰਹੀਆਂ ਹਨ। ਉਨ੍ਹਾਂ ਨੇ ਸਿੱਧੂ ਮੂਸੇਵਾਲਾ, ਗੁਲਜ਼ਾਰ ਅਤੇ ਪਰਵਿੰਦਰ ਸਿੰਘ ਝੋਟਾ ਨਾਲ ਜੁੜੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ।
ਚੰਨੀ ਨੇ ਦਾਅਵਾ ਕੀਤਾ ਕਿ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਉਸ ਦੀ ਲਾਸ਼ ਨਾਲ ਛੇੜਛਾੜ ਕੀਤੀ, ਤਾਂ ਜੋ ਨਸ਼ਿਆਂ ਕਾਰਨ ਹੋਈ ਮੌਤ ਦਾ ਮਾਮਲਾ ਸਾਹਮਣੇ ਨਾ ਆ ਸਕੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਲਾਸ਼ ਨੂੰ ਜ਼ਬਰਦਸਤੀ ਲਿਜਾਇਆ ਗਿਆ ਅਤੇ ਇਸ ਸਬੰਧੀ ਸਥਿਤੀ ਸਪੱਸ਼ਟ ਨਹੀਂ ਹੈ।
ਚੰਨੀ ਦੇ ਇਹ ਦੋਸ਼ ਸਿਆਸੀ ਬਿਆਨ ਦਾ ਹਿੱਸਾ ਹਨ। ਮੌਤ ਦੇ ਕਾਰਨ ਅਤੇ ਪੁਲਿਸ ਕਾਰਵਾਈ ਸਬੰਧੀ ਇਨ੍ਹਾਂ ਦਾਅਵਿਆਂ ਦੀ ਸੁਤੰਤਰ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ
ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ 35 ਸਾਲਾ ਦਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਦਲਜੀਤ ਸਿੰਘ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲੈ ਲਈ।
ਸੋਸ਼ਲ ਮੀਡੀਆ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੁਲਿਸ ਵੱਲੋਂ ਲਾਸ਼ ਲਿਜਾਣ ਦੀ ਕਾਰਵਾਈ ਨੂੰ ‘ਲਾਸ਼ ਅਗਵਾ ਕਰਨ’ ਦੇ ਬਰਾਬਰ ਦੱਸਦਿਆਂ ਸਰਕਾਰ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਏ।
ਉਨ੍ਹਾਂ ਇਸ ਘਟਨਾ ਨੂੰ ਅਵਿਸ਼ਵਾਸ਼ਯੋਗ, ਅਸਵੀਕਾਰਯੋਗ ਅਤੇ ਅਖਿਮਾਯੋਗ ਕਰਾਰ ਦਿੰਦਿਆਂ ਪੰਜਾਬ ਸਰਕਾਰ ਦੀ ਜਵਾਬਦੇਹੀ ’ਤੇ ਸਵਾਲ ਖੜ੍ਹੇ ਕੀਤੇ।
ਕਾਰੋਬਾਰ ਪ੍ਰਭਾਵਿਤ, ਸ਼ਹਿਰ ਵਿੱਚ ਤਣਾਅ ਬਰਕਰਾਰ
ਝੋਟਾ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਕਾਰਨ ਮਾਨਸਾ ਦੇ ਆਮ ਲੋਕਾਂ ਅਤੇ ਵਪਾਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਕਾਰੋਬਾਰ ਪ੍ਰਭਾਵਿਤ ਹੋਣ ਦੀ ਸ਼ਿਕਾਇਤ ਤੋਂ ਬਾਅਦ ਬਰਨਾਲਾ-ਸਿਰਸਾ ਰੋਡ ਦੀ ਇੱਕ ਲੇਨ ਆਵਾਜਾਈ ਲਈ ਖੋਲ੍ਹ ਦਿੱਤੀ ਗਈ ਹੈ। ਧਰਨੇ ਵਾਲੀ ਥਾਂ ’ਤੇ ਲੱਗੇ ਲਾਊਡਸਪੀਕਰ ਵੀ ਬੰਦ ਕਰ ਦਿੱਤੇ ਗਏ ਹਨ।
ਹਾਲਾਂਕਿ ਬੁੱਧਵਾਰ ਸਵੇਰੇ ਸ਼ਹਿਰ ਵਿੱਚ ਸ਼ਾਂਤੀ ਰਹੀ, ਪਰ ਪੁਲਿਸ ਦੀ ਤਾਇਨਾਤੀ ਅਤੇ ਕਿਸਾਨ ਜਥੇਬੰਦੀਆਂ ਦੇ ਪ੍ਰਦਰਸ਼ਨਾਂ ਦੇ ਐਲਾਨ ਕਾਰਨ ਤਣਾਅ ਬਣਿਆ ਹੋਇਆ ਹੈ। ਦਲਜੀਤ ਸਿੰਘ ਦੀ ਮੌਤ ਦੇ ਅਸਲ ਕਾਰਨ, ਲਾਸ਼ ਦੇ ਪੋਸਟਮਾਰਟਮ ਅਤੇ ਪਰਿਵਾਰ ਨੂੰ ਅੰਤਿਮ ਸੰਸਕਾਰ ਦੀ ਇਜਾਜ਼ਤ ਮਿਲਣ ਸਬੰਧੀ ਅਗਲੇ ਕਦਮਾਂ ’ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।



Leave a Comment