ਦਲਜੀਤ ਦਾ 5 ਨਵੰਬਰ ਨੂੰ ਪਿੰਡ ’ਚ ਸਸਕਾਰ; ਝੋਟਾ ਕਤਲ ਕੇਸ ਦੀ ਜਾਂਚ CBI ਹਵਾਲੇ, 1,200 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ, 5 ਨਵੰਬਰ ਨੂੰ CM ਰਿਹਾਇਸ਼ ਦੇ ਘਿਰਾਓ ਦਾ ਐਲਾਨ ਬਰਕਰਾਰ
ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਚੱਲ ਰਹੀ ਕਾਨੂੰਨੀ ਪ੍ਰਕਿਰਿਆ ਦਰਮਿਆਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਦਲਜੀਤ ਸਿੰਘ ਦਾ ਸਸਕਾਰ 5 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਭੰਮੇ ਕਲਾਂ ਵਿਖੇ ਕੀਤਾ ਜਾਵੇਗਾ। ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਖੁੱਲ੍ਹੀ ਅਦਾਲਤ ਵਿੱਚ ਹੀ ਆਪਣਾ ਫ਼ੈਸਲਾ ਸੁਣਾ ਦਿੱਤਾ।
ਪਿੰਡ ’ਚ ਦਿੱਤੀ ਜਾਵੇਗੀ ਅੰਤਿਮ ਵਿਦਾਈ
ਹਾਈਕੋਰਟ ਦੇ ਤਾਜ਼ਾ ਹੁਕਮਾਂ ਤੋਂ ਬਾਅਦ ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਗਈ ਹੈ। ਦਲਜੀਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਵਿਦਾਈ ਦਿੱਤੀ ਜਾਵੇਗੀ।
ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੁੜ ਪੋਸਟਮਾਰਟਮ ਅਤੇ ਪਿੰਡ ਵਿੱਚ ਅੰਤਿਮ ਸੰਸਕਾਰ ਦੀ ਮੰਗ ਕੀਤੀ ਸੀ। ਬੁੱਧਵਾਰ ਨੂੰ ਦਲਜੀਤ ਦੀ ਪਤਨੀ ਪਰਮਜੀਤ ਕੌਰ ਅਤੇ ਭੈਣ ਅਮਰਜੀਤ ਕੌਰ ਅਦਾਲਤ ਵਿੱਚ ਪੇਸ਼ ਹੋਈਆਂ ਅਤੇ ਪਰਿਵਾਰ ਦੀ ਇੱਛਾ ਦੱਸਦਿਆਂ ਪਿੰਡ ਵਿੱਚ ਸਸਕਾਰ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਹਾਈਕੋਰਟ ਨੇ PGI ਵਿੱਚ ਮੁੜ ਪੋਸਟਮਾਰਟਮ ਤੋਂ ਤੁਰੰਤ ਬਾਅਦ ਚੰਡੀਗੜ੍ਹ ਦੇ ਸੈਕਟਰ-25 ਸ਼ਮਸ਼ਾਨਘਾਟ ਵਿੱਚ ਸਸਕਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਅਤੇ ਸਸਕਾਰ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਤੇ ਕਰੀਬੀ ਦੋਸਤਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਕਿਹਾ ਸੀ।
ਪਰਿਵਾਰ ਨੇ ਪਿੰਡ ਵਿੱਚ ਸਸਕਾਰ ਦੀ ਮੰਗ ਦੁਹਰਾਈ। ਅਦਾਲਤ ਵਿੱਚ ਪਤਨੀ ਅਤੇ ਭੈਣ ਦੀ ਪੇਸ਼ੀ ਤੋਂ ਬਾਅਦ ਹੁਣ ਅੰਤਿਮ ਸੰਸਕਾਰ ਭੰਮੇ ਕਲਾਂ ਵਿੱਚ ਕਰਨ ਦਾ ਫ਼ੈਸਲਾ ਹੋਇਆ ਹੈ।
ਸਸਕਾਰ ’ਚ ਸਿਰਫ਼ ਪਰਿਵਾਰਕ ਮੈਂਬਰ ਹੋਣਗੇ ਸ਼ਾਮਲ
ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਸਕਾਰ ਵਿੱਚ ਦਲਜੀਤ ਦੇ ਮਾਪੇ, ਭੈਣ, ਪਤਨੀ, ਨਾਬਾਲਗ ਬੱਚੇ, ਹੋਰ ਨਜ਼ਦੀਕੀ ਰਿਸ਼ਤੇਦਾਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋ ਸਕਣਗੇ। ਕਿਸੇ ਵੀ ਸਿਆਸੀ ਪਾਰਟੀ, ਆਗੂ ਜਾਂ ਹੋਰ ਜਥੇਬੰਦੀ ਨੂੰ ਸਸਕਾਰ ਵਿੱਚ ਸ਼ਾਮਲ ਹੋਣ ਜਾਂ ਪ੍ਰਬੰਧਾਂ ਵਿੱਚ ਦਖ਼ਲ ਦੇਣ ਦੀ ਇਜਾਜ਼ਤ ਨਹੀਂ ਹੋਵੇਗੀ।
ਝੋਟਾ ਕਤਲ ਮਾਮਲੇ ਦੀ ਜਾਂਚ CBI ਨੇ ਸੰਭਾਲੀ
ਉੱਧਰ, ਨਸ਼ਿਆਂ ਖ਼ਿਲਾਫ਼ ਸਰਗਰਮ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੇ ਰਸਮੀ ਤੌਰ ’ਤੇ ਆਪਣੇ ਹੱਥ ਵਿੱਚ ਲੈ ਲਈ ਹੈ। ਜਾਂਚ ਏਜੰਸੀ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਮਾਨਸਾ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਢਾਹੇ ਗਏ ਮੈਡੀਕਲ ਸਟੋਰ ਦਾ ਮਲਬਾ ਪੂਰੀ ਤਰ੍ਹਾਂ ਹਟਾਉਣ ਲਈ ਭਾਰੀ ਮਸ਼ੀਨਰੀ ਤਾਇਨਾਤ ਕੀਤੀ ਗਈ ਹੈ।
ਦੂਜੇ ਪਾਸੇ, ਮਾਨਸਾ ਪੁਲਿਸ ਨੇ 14 ਅਕਤੂਬਰ ਨੂੰ ਮੈਡੀਕਲ ਸਟੋਰ ਵਿੱਚ ਹੋਈ ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ 1,000 ਤੋਂ 1,200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਅਤੇ ਉਪਲਬਧ ਵੀਡੀਓਜ਼ ਦੀ ਜਾਂਚ ਕਰ ਰਹੀ ਹੈ।
ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਹੁਣ ਤੱਕ ਕੀਤੀ ਕਾਰਵਾਈ ਦਾ ਪੂਰਾ ਵੇਰਵਾ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਪੁੱਛਿਆ ਹੈ ਕਿ ਜੇਕਰ ਮੁਲਜ਼ਮ ਦੇ ਮਕਾਨ ਢਾਹੇ ਗਏ ਹਨ ਤਾਂ ਉਨ੍ਹਾਂ ਦੀ ਜਾਣਕਾਰੀ ਅਤੇ ਇਸ ਕਾਰਵਾਈ ਲਈ ਅਪਣਾਈ ਗਈ ਕਾਨੂੰਨੀ ਪ੍ਰਕਿਰਿਆ ਦਾ ਵੇਰਵਾ ਵੀ ਪੇਸ਼ ਕੀਤਾ ਜਾਵੇ।
5 ਨਵੰਬਰ ਨੂੰ CM ਰਿਹਾਇਸ਼ ਘੇਰਨ ਦਾ ਐਲਾਨ ਬਰਕਰਾਰ
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਨੇ 5 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਆਪਣਾ ਸੱਦਾ ਬਰਕਰਾਰ ਰੱਖਿਆ ਹੈ। ਇਹ ਫ਼ੈਸਲਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨ ਤੋਂ ਇੱਕ ਦਿਨ ਬਾਅਦ ਲਿਆ ਗਿਆ।
ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਝੋਟਾ ਦੇ ਪਿਤਾ ਭੀਮ ਸਿੰਘ ਦੀ ਮੌਜੂਦਗੀ ਵਿੱਚ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ, ਪਰ ਮੰਤਰੀਆਂ ਦੇ ਸਮੂਹ ਅਤੇ ਮੁੱਖ ਸਕੱਤਰ ਨਾਲ ਗੱਲਬਾਤ ਲਈ ਅਜੇ ਤੱਕ ਕੋਈ ਰਸਮੀ ਸੱਦਾ ਨਹੀਂ ਮਿਲਿਆ। ਕਮੇਟੀ ਨੇ ਦੱਸਿਆ ਕਿ ਘਿਰਾਓ ਦੀਆਂ ਤਿਆਰੀਆਂ ਸੂਬੇ ਭਰ ਵਿੱਚ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਕਮੇਟੀ ਦੀਆਂ ਮੁੱਖ ਮੰਗਾਂ ਵਿੱਚ ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ, ਝੋਟਾ ਦੇ ਕਤਲ ਤੋਂ ਬਾਅਦ ਦਰਜ ਕੀਤੇ ਗਏ ਕੇਸਾਂ ਵਿੱਚ ਨਾਮਜ਼ਦ, ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਲਏ ਗਏ ਸਮਰਥਕਾਂ ਦੀ ਰਿਹਾਈ ਅਤੇ ਭੰਮੇ ਕਲਾਂ ਦੇ ਦਲਜੀਤ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣਾ ਸ਼ਾਮਲ ਹੈ। ਕਮੇਟੀ ਨੇ ਮੁੱਖ ਮੰਤਰੀ ਅਤੇ DGP ਦੇ ਅਸਤੀਫ਼ੇ ਦੀ ਮੰਗ ਵੀ ਦੁਹਰਾਈ।
ਮੈਂਬਰਾਂ ਨੇ ਕਿਹਾ ਕਿ ਜੇਕਰ ਸਰਕਾਰ ਗੱਲਬਾਤ ਲਈ ਸੰਪਰਕ ਕਰਦੀ ਹੈ ਤਾਂ ਕਮੇਟੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੁੱਖ ਮੰਤਰੀ ਅਤੇ DGP ਵੱਲੋਂ ਅਸਤੀਫ਼ਾ ਨਾ ਦਿੱਤੇ ਜਾਣ ਦੀ ਸੂਰਤ ਵਿੱਚ ਸੰਘਰਸ਼ ਨੂੰ ਲੋਕਾਂ ਤੱਕ ਲਿਜਾਇਆ ਜਾਵੇਗਾ। ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ਵਿੱਚ ਧਰਨਾ ਜਾਰੀ ਹੈ ਅਤੇ ਪੋਸਟਮਾਰਟਮ ਨਾ ਹੋਣ ਕਾਰਨ ਉਨ੍ਹਾਂ ਦੀ ਦੇਹ ਅਜੇ ਵੀ ਸਿਵਲ ਹਸਪਤਾਲ ਵਿੱਚ ਪਈ ਹੈ।



Leave a Comment