ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ
ਭਾਰਤ ਵਿੱਚ ਜਦੋਂ ਅੰਗਰੇਜ਼ੀ ਰਾਜ ਦੇ ਜ਼ੁਲਮਾਂ ਦੀਆਂ ਕਾਲੀਆਂ ਹਨੇਰੀਆਂ ਹਰ ਪਾਸੇ ਝੁੱਲ ਰਹੀਆਂ ਸਨ, ਤਾਂ ਉਸ ਸਮੇਂ ਟੁੱਟੀਆਂ ਕਲੀਆਂ, ਖਿੜਨ ਤੋਂ ਪਹਿਲਾਂ ਹੀ ਮੁਰਝਾਏ ਫੁੱਲ, ਮੋਈਆਂ ਤਿੱਤਲੀਆਂ, ਉਜੜੀਆਂ ਡਾਲੀਆਂ ਤੇ ਪੱਤੇ ਆਪਣੀ ਦਾਸਤਾਨ ਆਪ ਕਹਿ ਰਹੇ ਸਨ। ਭਗਤ ਸਿੰਘ ਦੇ ਸਮੇਂ ਆਮ ਭਾਰਤੀਆਂ ਨਾਲ ਵੀ ਕੁਝ ਅਜਿਹਾ ਹੀ ਹੋਇਆ ਸੀ, ਜੋ ਇੱਕ ਗੁਲਾਮ ਦੇਸ਼ ਦੇ ਗੁਲਾਮ ਨਾਗਰਿਕ ਹੋਣ ਦਾ ਦਰਦ ਝੱਲ ਰਹੇ ਸਨ।
ਅਜਿਹੇ ਸਮੇਂ ਹਰ ਭਾਰਤੀ ਦੇ ਮੂੰਹੋਂ ਇਹੋ ਨਿਕਲਦਾ ਸੀ ਕਿ ਸ਼ਾਇਦ ਕੋਈ ਮਰਜੀਵੜਾ ਇਸ ਧਰਤੀ ਉੱਪਰ ਆਵੇਗਾ, ਜੋ ਉਨ੍ਹਾਂ ਦੇ ਗਲੋਂ ਗੁਲਾਮੀ ਦਾ ਇਹ ਜੂਲਾ ਲਾਹ ਸੁੱਟੇਗਾ। ਇਸੇ ਦੌਰਾਨ ਅੰਗਰੇਜ਼ੀ ਰਾਜ ਨੂੰ ਮੂੰਹ-ਤੋੜਵਾਂ ਜਵਾਬ ਦੇਣ ਵਾਲੇ ਸੂਰਮੇ ਸਰਦਾਰ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ ਪਿੰਡ ਬੰਗਾਂ, ਤਹਿਸੀਲ ਜੜਾਵਾਲਾ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ।
ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ, ਨਵਾਂ ਸ਼ਹਿਰ (ਪੰਜਾਬ) ਵਿੱਚ ਸਥਿਤ ਹੈ। ਨਵਾਂ ਸ਼ਹਿਰ ਦਾ ਨਾਮ ਬਦਲ ਕੇ ਹੁਣ ‘ਸ਼ਹੀਦ ਭਗਤ ਸਿੰਘ ਨਗਰ’ ਰੱਖ ਦਿੱਤਾ ਗਿਆ ਹੈ। ਭਗਤ ਸਿੰਘ ਨੂੰ ਆਜ਼ਾਦੀ ਦੀ ਗੁੜਤੀ ਪਰਿਵਾਰ ਵਿੱਚੋਂ ਹੀ ਮਿਲੀ ਸੀ। ਭਗਤ ਸਿੰਘ ਦੇ ਦਾਦਾ ਸ. ਅਰਜਨ ਸਿੰਘ ਇੱਕ ਵਾਹੀਕਾਰ ਦੇ ਨਾਲ-ਨਾਲ ਯੂਨਾਨੀ ਹਿਕਮਤ ਦੇ ਮਾਹਿਰ ਸਨ। ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਬਹੁਤ ਵੱਡੇ ਸਮਾਜ ਸੇਵਕ ਸਨ। ਉਨ੍ਹਾਂ ਨੇ ਸਮੇਂ-ਸਮੇਂ ਆਈਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਵੱਧ-ਚੜ੍ਹ ਕੇ ਮਦਦ ਕੀਤੀ। 1906 ਵਿੱਚ ਕਿਸ਼ਨ ਸਿੰਘ ਕਾਂਗਰਸ ਦੇ ਮੈਂਬਰ ਬਣੇ ਅਤੇ ਸਿਆਸਤ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ।

ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੀ ਇੱਕ ਸਿਰਕੱਢ ਸੁਤੰਤਰਤਾ ਸੰਗਰਾਮੀ ਹੋਣ ਦੇ ਨਾਲ-ਨਾਲ ਇੱਕ ਪ੍ਰਭਾਵਸ਼ਾਲੀ ਬੁਲਾਰੇ ਵੀ ਸਨ। ਉਸ ਸਮੇਂ ਜਦੋਂ ਕੋਈ ਅੰਗਰੇਜ਼ਾਂ ਦੇ ਖ਼ਿਲਾਫ਼ ਮੂੰਹ ਖੋਲ੍ਹਣ ਤੋਂ ਡਰਦਾ ਸੀ, ਉਨ੍ਹਾਂ ਦੇ ਪ੍ਰਚਾਰ ਦਾ ਵਾਹੀਕਾਰਾਂ ਅਤੇ ਫੌਜੀਆਂ ‘ਤੇ ਬਹੁਤ ਜ਼ਿਆਦਾ ਪ੍ਰਭਾਵ ਪਿਆ, ਜਿਸ ਕਾਰਨ ਉਨ੍ਹਾਂ ਨੂੰ ਕੈਦ ਕੱਟਣ ਦੇ ਨਾਲ ਦੇਸ਼ ਨਿਕਾਲੇ ਦੀ ਸਜ਼ਾ ਵੀ ਭੁਗਤਣੀ ਪਈ। ਭਗਤ ਸਿੰਘ ਆਪਣੇ ਚਾਚੇ ਅਜੀਤ ਸਿੰਘ ਦੀ ਸ਼ਖ਼ਸੀਅਤ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਸੀ ਅਤੇ ਇਸ ਤੋਂ ਇਲਾਵਾ ਭਗਤ ਸਿੰਘ ਦੇ ਬਾਲ ਮਨ ‘ਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਬਹੁਤ ਡੂੰਘਾ ਅਸਰ ਪਿਆ। ਭਗਤ ਸਿੰਘ ਹਮੇਸ਼ਾ ਕਰਤਾਰ ਸਿੰਘ ਸਰਾਭੇ ਦੀ ਫ਼ੋਟੋ ਆਪਣੀ ਜੇਬ ਵਿੱਚ ਰੱਖਿਆ ਕਰਦਾ ਸੀ, ਜੋ ਗ੍ਰਿਫ਼ਤਾਰੀ ਸਮੇਂ ਵੀ ਉਸ ਕੋਲ ਸੀ।
ਇਤਿਹਾਸਕਾਰਾਂ ਮੁਤਾਬਕ ਭਗਤ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਦੇ ਪ੍ਰਾਇਮਰੀ ਸਕੂਲ ਤੋਂ ਪ੍ਰਾਪਤ ਕੀਤੀ ਅਤੇ 1916-17 ਵਿੱਚ ਲਾਹੌਰ ਦੇ ਵੱਡੇ ਸਕੂਲ ਵਿੱਚ ਦਾਖ਼ਲਾ ਲਿਆ। ਇਸ ਸਕੂਲ ਵਿੱਚ ਪੜ੍ਹਦਿਆਂ ਹੀ ਉਸ ਨੇ ਅੰਗਰੇਜ਼ੀ, ਉਰਦੂ ਅਤੇ ਸੰਸਕ੍ਰਿਤ ਭਾਸ਼ਾਵਾਂ ਸਿੱਖੀਆਂ ਅਤੇ ਉਮਰ ਦੇ ਵੱਖ-ਵੱਖ ਪੜਾਵਾਂ ਦੌਰਾਨ ਗੁਰਮੁਖੀ, ਹਿੰਦੀ ਅਤੇ ਬੰਗਾਲੀ ਭਾਸ਼ਾ ਦਾ ਗਿਆਨ ਵੀ ਗ੍ਰਹਿਣ ਕੀਤਾ। 1919 ਈ. ਵਿੱਚ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਭਗਤ ਸਿੰਘ ਦੇ ਮਨ ‘ਤੇ ਬਹੁਤ ਗਹਿਰਾ ਪ੍ਰਭਾਵ ਪਿਆ। ਉਹ ਇਸ ਘਟਨਾ ਤੋਂ ਦੂਜੇ ਦਿਨ ਅੰਮ੍ਰਿਤਸਰ ਗਿਆ ਅਤੇ ਖ਼ੂਨ ਨਾਲ ਭਿੱਜੀ ਮਿੱਟੀ ਲੈ ਕੇ ਵਾਪਸ ਆ ਗਿਆ। ਇਸ ਘਟਨਾ ਨੇ ਉਸ ਦੇ ਮਨ ਵਿੱਚ ਅੰਗਰੇਜ਼ਾਂ ਪ੍ਰਤੀ ਰੋਹ ਭਰ ਦਿੱਤਾ।
ਭਗਤ ਸਿੰਘ ਦੇ ਮਨ ‘ਤੇ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਡੂੰਘੀ ਛਾਪ ਛੱਡੀ

ਫਰਵਰੀ 1921 ਦੇ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਭਗਤ ਸਿੰਘ ਦੇ ਮਨ ‘ਤੇ ਡੂੰਘੀ ਛਾਪ ਛੱਡੀ। ਉਹ ਆਪਣੇ ਪਿੰਡ ਵਿੱਚੋਂ ਲੰਘਦੇ ਜਾਂਦੇ ਅੰਦੋਲਨਕਾਰੀਆਂ ਨੂੰ ਲੰਗਰ ਛਕਾਇਆ ਕਰਦੇ ਸਨ। 1921 ਵਿੱਚ ਭਗਤ ਸਿੰਘ ਨੇ ਆਪਣੀ ਦਸਵੀਂ ਦੀ ਪੜ੍ਹਾਈ ਵਿਚਾਲੇ ਛੱਡ ਦਿੱਤੀ ਅਤੇ ਨਾ-ਮਿਲਵਰਤਣ ਲਹਿਰ ਵਿੱਚ ਸਰਗਰਮ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ।
ਸੰਨ 1921-1922 ਈਸਵੀ ਵਿੱਚ ਲਾਹੌਰ ਵਿਖੇ ਦੇਸ਼ ਭਗਤਾਂ ਦੁਆਰਾ ਨੈਸ਼ਨਲ ਕਾਲਜ ਬਣਾਇਆ ਗਿਆ, ਜਿਸ ਵਿੱਚ ਭਗਤ ਸਿੰਘ ਨੂੰ ਇੱਕ ਕਠਿਨ ਪ੍ਰੀਖਿਆ ਪਾਸ ਕਰਕੇ ਕਾਲਜ ਦੇ ਪਹਿਲੇ ਸਾਲ ਵਿੱਚ ਦਾਖ਼ਲਾ ਮਿਲ ਗਿਆ। ਇਥੇ ਜੈਦੇਵ ਗੁਪਤਾ ਅਤੇ ਸੁਖਦੇਵ ਉਸ ਦੇ ਜਮਾਤੀ ਸਨ। ਭਗਤ ਸਿੰਘ ਦਾ ਸੁਖਦੇਵ ਨਾਲ ਕਾਲਜ ਦਾ ਇਹ ਸਾਥ ਫਾਂਸੀ ਦੇ ਤਖ਼ਤੇ ਤੱਕ ਗਿਆ। ਅਜਿਹੀ ਦੋਸਤੀ ਸ਼ਾਇਦ ਹੀ ਕਿਸੇ ਨੇ ਅੱਜ ਤੱਕ ਨਿਭਾਈ ਹੋਵੇ। ਕਾਲਜ ਵਿੱਚ ਪੜ੍ਹਾਈ ਦੌਰਾਨ ਉਸ ਨੇ ‘ਨੈਸ਼ਨਲ ਨਾਟਕ ਕਲੱਬ’ ਦੇ ਅਧੀਨ ਇਨਕਲਾਬੀ ਨਾਟਕ ਖੇਡੇ। ਸੋਹਣੀ ਸ਼ਕਲ-ਸੂਰਤ ਅਤੇ ਸੁਰੀਲੀ ਆਵਾਜ਼ ਦੀ ਬਦੌਲਤ ਭਗਤ ਸਿੰਘ ਨੇ ਬਹੁਤ ਸਾਰੇ ਨਾਟਕਾਂ ਵਿੱਚ ਨਾਇਕ ਦੀ ਭੂਮਿਕਾ ਨਿਭਾਉਂਦੇ ਹੋਏ ਇਨਕਲਾਬੀ ਗੀਤ ਗਾਏ।
ਘਰਦਿਆ ਵੱਲੋਂ ਵਿਆਹ ਲਈ ਜ਼ੋਰ ਪਾਉਣ ‘ਤੇ ਭਗਤ ਸਿੰਘ ਨੇ ਘਰ ਛੱਡ ਦਿੱਤਾ

ਅੰਗਰੇਜ਼ ਸਰਕਾਰ ਵੱਲੋਂ ਇਸ ਕਲੱਬ ਉੱਤੇ ਇਨਕਲਾਬੀ ਨਾਟਕ ਖੇਡਣ ਕਾਰਨ ਪਾਬੰਦੀ ਲਗਾ ਦਿੱਤੀ ਗਈ। 1923 ਵਿੱਚ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਏ ਲੇਖ ਮੁਕਾਬਲੇ ਵਿੱਚ ਭਗਤ ਸਿੰਘ ਨੂੰ ਪਹਿਲਾ ਇਨਾਮ ਮਿਲਿਆ। 1923 ਵਿੱਚ ਹੀ ਘਰਦਿਆ ਵੱਲੋਂ ਵਿਆਹ ਲਈ ਜ਼ੋਰ ਪਾਉਣ ‘ਤੇ ਉਸ ਨੇ ਘਰ ਛੱਡ ਦਿੱਤਾ ਅਤੇ ਕਾਨਪੁਰ ਚਲਾ ਗਿਆ। ਅਸਲ ਵਿੱਚ ਉਹ ਆਪਣਾ ਵਿਆਹ ‘ਲਾੜੀ ਮੌਤ’ ਨਾਲ ਕਰਾਉਣਾ ਚਾਹੁੰਦਾ ਸੀ। 1925 ਵਿੱਚ ਦਾਦੀ ਦੀ ਬਿਮਾਰੀ ਕਾਰਨ ਭਗਤ ਸਿੰਘ ਨੂੰ ਵਾਪਸ ਲਾਹੌਰ ਆਪਣੇ ਪਿੰਡ ਆਉਣਾ ਪਿਆ। 13 ਮਾਰਚ 1926 ਈ. ਨੂੰ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਮਿਲ ਕੇ ‘ਨੌਜਵਾਨ ਭਾਰਤ ਸਭਾ’ ਦੀ ਸਥਾਪਨਾ ਕੀਤੀ, ਜੋ ਕਿ ਇਨਕਲਾਬੀ ਗਤੀਵਿਧੀਆਂ ਲਈ ਇੱਕ ਖੁੱਲ੍ਹਾ ਮੰਚ ਸੀ। ਇਸ ਸਭਾ ਵਿੱਚ ਭਗਤ ਸਿੰਘ ਨੇ ਜਨਰਲ ਸਕੱਤਰ ਦੀ ਭੂਮਿਕਾ ਨਿਭਾਈ। ਇਸ ਸਭਾ ਦੀ ਪਹਿਲੀ ਕਾਨਫਰੰਸ 11-12-13 ਅਪ੍ਰੈਲ 1928 ਨੂੰ ਹੋਈ।
1927 ਵਿੱਚ ਭਗਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ

1927 ਵਿੱਚ ਕਾਕੋਰੀ ਕਾਂਡ ਰੇਲ ਗੱਡੀ ਡਾਕੇ ਦੇ ਸਬੰਧ ਵਿੱਚ ਭਗਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਲਾਹੌਰ ਵਿੱਚ ਦਸਹਿਰੇ ਮੌਕੇ ਹੋਏ ਬੰਬ ਧਮਾਕੇ ਦਾ ਦੋਸ਼ ਵੀ ਮੜ੍ਹ ਦਿੱਤਾ ਗਿਆ। 60 ਹਜ਼ਾਰ ਰੁਪਏ ਜ਼ਮਾਨਤ ਅਤੇ ਚੰਗੇ ਚਾਲ-ਚਲਣ ਕਾਰਨ ਭਗਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ। ਜਾਣਕਾਰਾਂ ਮੁਤਾਬਕ, ਭਗਤ ਸਿੰਘ ਜਿੱਥੇ ਇੱਕ ਸਿਰਕੱਢ ਕ੍ਰਾਂਤੀਕਾਰੀ ਸੀ, ਉਥੇ ਹੀ ਇੱਕ ਉੱਘਾ ਵਿਦਵਾਨ ਵੀ ਸੀ। ਉਸ ਨੇ ਇੰਨੀ ਛੋਟੀ ਉਮਰ ਵਿੱਚ ਬਹੁਤ ਵੱਡੀਆਂ ਪਲਾਂਘਾਂ ਭਰੀਆਂ। ਭਗਤ ਸਿੰਘ ਨੇ ਵਿਦੇਸ਼ੀ ਆਜ਼ਾਦੀ ਘੁਲਾਟੀਆਂ ਦੀਆਂ ਸਵੈ-ਜੀਵਨੀਆਂ ਦਾ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੇ ਨਾਲ-ਨਾਲ ਖ਼ੁਦ ਵੀ ਕਿਤਾਬਾਂ ਅਤੇ ਪਰਚੇ ਲਿਖੇ। ਉਸ ਨੂੰ ਕਿਤਾਬਾਂ ਪੜ੍ਹਨ ਦਾ ਸ਼ੌਂਕ ਜਨੂੰਨ ਦੀ ਹੱਦ ਤੱਕ ਸੀ। ਉਹ ਆਪਣੇ ਨਾਲ ਹਰ ਵੇਲੇ ਕਿਤਾਬ ਰੱਖਦਾ ਸੀ।
ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ

ਇਤਿਹਾਸਕਾਰਾਂ ਅਤੇ ਲਿਖਤਾਂ ਮੁਤਾਬਕ 30 ਅਕਤੂਬਰ 1928 ਈਸਵੀ ਨੂੰ ਸਾਈਮਨ ਕਮਿਸ਼ਨ ਲਾਹੌਰ ਪਹੁੰਚਿਆ। ਇਸ ਕਮਿਸ਼ਨ ਦੇ ਖ਼ਿਲਾਫ਼ ‘ਨੌਜਵਾਨ ਭਾਰਤ ਸਭਾ’ ਨੇ ਜਲੂਸ ਕੱਢਿਆ ਅਤੇ “ਸਾਈਮਨ ਕਮਿਸ਼ਨ ਗੋ ਬੈਕ” ਦੇ ਨਾਅਰੇ ਲਗਾਏ। ਇਸ ਜਲੂਸ ਵਿੱਚ ਭਗਤ ਸਿੰਘ ਨੇ ਵੀ ਹਿੱਸਾ ਲਿਆ। ਪੁਲਿਸ ਦੇ ਰੋਕਣ ਦੇ ਬਾਵਜੂਦ ਜਲੂਸ ਅੱਗੇ ਵੱਧਦਾ ਗਿਆ, ਜਿਸ ਨੂੰ ਰੋਕਣ ਲਈ ਅੰਗਰੇਜ਼ ਹਕੂਮਤ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਲਾਲਾ ਲਾਜਪਤ ਰਾਏ ਦੇ ਸਿਰ ਵਿੱਚ ਗਹਿਰੀ ਸੱਟ ਲੱਗਣ ਕਾਰਨ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਲਈ ਇਨਕਲਾਬੀਆਂ (ਭਗਤ ਸਿੰਘ ਅਤੇ ਸਾਥੀਆਂ) ਨੇ ਇੱਕ ਯੋਜਨਾ ਬਣਾਈ, ਜਿਸ ਦੇ ਅਧੀਨ ਸਕਾਟ ਨੂੰ ਗੋਲੀ ਮਾਰਨੀ ਸੀ। ਮੌਕੇ ‘ਤੇ ਸਕਾਟ ਦੀ ਜਗ੍ਹਾ ਸਹਾਇਕ ਪੁਲਿਸ ਮੁਖੀ ਜੇ.ਪੀ. ਸਾਂਡਰਸ ਮੋਟਰਸਾਈਕਲ ‘ਤੇ ਦਫਤਰੋਂ ਬਾਹਰ ਆ ਗਿਆ ਅਤੇ ਇਨਕਲਾਬੀਆਂ ਦੀ ਗੋਲੀ ਦਾ ਨਿਸ਼ਾਨਾ ਬਣ ਗਿਆ।
ਅਸੈਂਬਲੀ ਵਿੱਚ ਨਕਲੀ ਬੰਬ ਸੁੱਟ ਕੇ ਅੰਗਰੇਜ਼ੀ ਹਕੂਮਤ ਦਾ ਕੀਤਾ ਵਿਰੋਧ

ਭਗਤ ਸਿੰਘ ਖ਼ੂਨ-ਖ਼ਰਾਬੇ ਦੇ ਬਿਲਕੁਲ ਹੱਕ ਵਿੱਚ ਨਹੀਂ ਸੀ। ਉਸ ਨੇ ‘ਪਬਲਿਕ ਸੇਫ਼ਟੀ ਬਿਲ’ ਅਤੇ ‘ਟਰੇਡ ਡਿਸਪਿਊਟਸ ਬਿਲ’ ਦੇ ਖ਼ਿਲਾਫ਼ ਅਸੈਂਬਲੀ ਵਿੱਚ ਨਕਲੀ ਬੰਬ ਸੁੱਟ ਕੇ ਅੰਗਰੇਜ਼ੀ ਹਕੂਮਤ ਦਾ ਵਿਰੋਧ ਕਰਨਾ ਚਾਹਿਆ। ਇਸ ਲਈ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ 8 ਅਪ੍ਰੈਲ 1929 ਨੂੰ ਕੇਂਦਰੀ ਅਸੈਂਬਲੀ ਦੇ ਸੈਂਟਰਲ ਹਾਲ ਵਿੱਚ ਖਾਲੀ ਥਾਂ ‘ਤੇ ਨਕਲੀ ਬੰਬ ਸੁੱਟਿਆ ਅਤੇ ਪਰਚੇ ਸੁੱਟਦੇ ਹੋਏ “ਇਨਕਲਾਬ ਜ਼ਿੰਦਾਬਾਦ” ਦੇ ਨਾਅਰੇ ਲਗਾਏ। ਸਾਰਾ ਹਾਲ ਧੂੰਏਂ ਨਾਲ ਭਰ ਗਿਆ; ਉਹ ਚਾਹੁੰਦੇ ਤਾਂ ਉੱਥੋਂ ਭੱਜ ਸਕਦੇ ਸਨ, ਪਰ ਉਨ੍ਹਾਂ ਨੇ ਆਪਣੀ ਇੱਛਾ ਨਾਲ ਗ੍ਰਿਫ਼ਤਾਰੀ ਦਿੱਤੀ। ਜਦੋਂ ਭਗਤ ਸਿੰਘ ਨੂੰ ਬੰਬ ਸੁੱਟਣ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਉੱਤਰ ਦਿੱਤਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਨਹੀਂ, ਸਗੋਂ ਸੱਤ ਸਮੁੰਦਰ ਪਾਰ ਬੈਠੀ ਬੋਲੀ ਸਰਕਾਰ ਦੇ ਕੰਨ ਖੋਲ੍ਹਣਾ ਸੀ। “ਇਨਕਲਾਬ ਜ਼ਿੰਦਾਬਾਦ” ਦਾ ਨਾਅਰਾ ਪਹਿਲੀ ਵਾਰ ਭਗਤ ਸਿੰਘ ਨੇ ਦਿੱਤਾ ਸੀ, ਜੋ ਅੱਗੇ ਚੱਲ ਕੇ ਸਾਰੇ ਦੇਸ਼ ਦਾ ਨਾਅਰਾ ਬਣ ਗਿਆ। ਇਸ ਦੌਰਾਨ ਭਗਤ ਸਿੰਘ ਅਤੇ ਬੀ.ਕੇ. ਦੱਤ ਵਿਰੁੱਧ ਚਲਾਨ ਏ.ਡੀ.ਐਮ. ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਨੇ ਆਪਣੀ ਕਾਨੂੰਨੀ ਚਾਰਾਜੋਈ ਲਈ ਕੋਈ ਵਕੀਲ ਨਹੀਂ ਕੀਤਾ ਅਤੇ ਆਪਣੀ ਵਕਾਲਤ ਖ਼ੁਦ ਕੀਤੀ।
ਭਗਤ ਸਿੰਘ ਅਤੇ ਬੀ.ਕੇ. ਦੱਤ ਨੂੰ ਉਮਰ ਕੈਦ ਦੀ ਸਜ਼ਾ

10 ਜੂਨ 1929 ਨੂੰ ਅਦਾਲਤ ਦੀ ਸੁਣਵਾਈ ਖ਼ਤਮ ਹੋਈ ਅਤੇ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ। ਅਸੰਬਲੀ ਬੰਬ ਕੇਸ ਦੀ ਸਜ਼ਾ ਤੋਂ ਬਾਅਦ ਭਗਤ ਸਿੰਘ ਨੂੰ ਮੀਆਂਵਾਲੀ ਜੇਲ੍ਹ ਅਤੇ ਬੀ.ਕੇ. ਦੱਤ ਨੂੰ ਕੇਂਦਰੀ ਜੇਲ੍ਹ ਲਾਹੌਰ ਵਿੱਚ ਬਦਲ ਦਿੱਤਾ ਗਿਆ। 25 ਜੂਨ 1929 ਈ. ਨੂੰ ਭਗਤ ਸਿੰਘ ਨੂੰ ਸਾਂਡਰਸ ਕੇਸ ਦੇ ਸਬੰਧ ਵਿੱਚ ਕੇਂਦਰੀ ਜੇਲ੍ਹ ਲਾਹੌਰ ਭੇਜ ਦਿੱਤਾ ਗਿਆ। 10 ਜੁਲਾਈ ਨੂੰ ਸਾਂਡਰਸ ਕੇਸ ਦੀ ਕਾਰਵਾਈ ਸ਼ੁਰੂ ਹੋਈ। ਕੇਸ ਦੌਰਾਨ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਜੇਲ੍ਹ ਅਧਿਕਾਰੀਆਂ ਵੱਲੋਂ ਦਿੱਤੇ ਮਾੜੇ ਖਾਣੇ ਅਤੇ ਵਤੀਰੇ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਹੜਤਾਲ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਅਨੇਕਾਂ ਯਤਨ ਕੀਤੇ।
63 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਜਤਿਨ ਦਾਸ 13 ਸਤੰਬਰ 1929 ਈ. ਨੂੰ ਦੇਸ਼ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰ ਗਿਆ। ਇਹ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ। ਵਾਰ-ਵਾਰ ਭੁੱਖ ਹੜਤਾਲ ਅਤੇ ਲੰਬੀ ਜਦੋ-ਜਹਿਦ ਤੋਂ ਬਾਅਦ ਸਰਕਾਰ ਨੂੰ ਕ੍ਰਾਂਤੀਕਾਰੀਆਂ ਦੀਆਂ ਮੰਗਾਂ ਅੱਗੇ ਝੁਕਣਾ ਪਿਆ। ਸਾਂਡਰਸ ਕਤਲ ਕੇਸ ਦਾ ਮੁਕੱਦਮਾ, 10 ਜੁਲਾਈ 1929 ਈ. ਨੂੰ ਜੇਲ੍ਹ ਵਿੱਚ ਹੀ ਵਿਸ਼ੇਸ਼ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਸ਼ੁਰੂ ਕੀਤਾ ਗਿਆ। ਇਸ ਮੁਕੱਦਮੇ ਵਿੱਚ 25 ਵਿਅਕਤੀ ਨਾਮਜ਼ਦ ਕੀਤੇ ਗਏ। ਇਨਕਲਾਬੀਆਂ ਨੇ ਇਸ ਮਾਮਲੇ ਪ੍ਰਤੀ ਕੋਈ ਖ਼ਾਸ ਗੰਭੀਰਤਾ ਨਹੀਂ ਦਿਖਾਈ; ਇੰਝ ਪ੍ਰਤੀਤ ਹੁੰਦਾ ਸੀ ਜਿਵੇਂ ਉਨ੍ਹਾਂ ਦਾ ਮਕਸਦ ਕੇਵਲ ਫ਼ਾਂਸੀ ਚੜ੍ਹਨ ਤੱਕ ਹੀ ਸੀਮਤ ਸੀ।
ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫ਼ਾਂਸੀ ਦੀ ਸਜ਼ਾ

ਭਗਤ ਸਿੰਘ ਤੇ ਸਾਥੀਆਂ ਦੇ ਮੁਕੱਦਮੇ ਲਈ ਇੱਕ ਟ੍ਰਿਬਿਊਨਲ ਗਠਿਤ ਕੀਤਾ ਗਿਆ, ਜਿਸ ਦੇ ਤਿੰਨ ਜੱਜ ਮੈਂਬਰ ਸਨ। ਇਸ ਟ੍ਰਿਬਿਊਨਲ ਨੇ 7 ਅਕਤੂਬਰ 1930 ਨੂੰ ਫੈਸਲਾ ਸੁਣਾਉਂਦੇ ਹੋਏ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਸੁਣਾਈ। ਕਮਲਨਾਥ ਤਿਵਾੜੀ, ਵਿਜੈ ਕੁਮਾਰ ਸਿਨਹਾ, ਜੈਦੇਵ ਕਪੂਰ, ਸ਼ਿਵ ਵਰਮਾ, ਗਯਾ ਪ੍ਰਸ਼ਾਦ, ਕਿਸ਼ੋਰੀ ਲਾਲ ਅਤੇ ਮਹਾਂਵੀਰ ਸਿੰਘ ਨੂੰ ਉਮਰ ਕੈਦ; ਕੁੰਦਨ ਲਾਲ ਨੂੰ ਸੱਤ ਅਤੇ ਪ੍ਰੇਮ ਦੱਤ ਨੂੰ ਤਿੰਨ ਸਾਲ ਦੀ ਕੈਦ ਸੁਣਾਈ ਗਈ। ਅਸਲ ਵਿੱਚ ਇਹ ਹੁਕਮ ਸੱਤ ਸਮੁੰਦਰੋਂ ਪਾਰ ਤੋਂ ਆਇਆ ਸੀ।
ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਤਾਰੀਖ਼ 24 ਮਾਰਚ 1931 ਮਿੱਥੀ ਗਈ ਸੀ, ਪਰ ਲੋਕਾਂ ਦਾ ਇਕੱਠ 23 ਮਾਰਚ ਸਵੇਰ ਤੋਂ ਹੀ ਜੇਲ੍ਹ ਦੇ ਗੇਟ ਅੱਗੇ ਜੁੜਨ ਲੱਗਾ। ਬਗ਼ਾਵਤ ਦੇ ਡਰੋਂ ਅੰਗਰੇਜ਼ ਹਕੂਮਤ ਨੇ ਇੱਕ ਕੋਝੀ ਚਾਲ ਚਲਦਿਆਂ 23 ਮਾਰਚ 1931 ਨੂੰ ਸ਼ਾਮ ਸਾਢੇ 7 ਵਜੇ ਹੀ ਫਾਂਸੀ ਦੇਣ ਦੀ ਯੋਜਨਾ ਬਣਾਈ। ਜਦੋਂ ਪੁਲਿਸ ਕਰਮਚਾਰੀ ਉਨ੍ਹਾਂ ਨੂੰ ਲੈਣ ਆਏ, ਉਸ ਸਮੇਂ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਿਹਾ ਸੀ। ਭਗਤ ਸਿੰਘ ਨੇ ਕਿਹਾ, “ਰੁਕੋ, ਇੱਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨਾਲ ਮੁਲਾਕਾਤ ਕਰ ਰਿਹਾ ਹੈ।” ਇਸ ਤੋਂ ਬਾਅਦ ਉਸ ਨੇ ਕਿਤਾਬ ਦਾ ਪੰਨਾ ਮੋੜਿਆ ਅਤੇ ਪੁਲਿਸ ਨਾਲ ਤੁਰ ਪਿਆ। ਕਿਤਾਬ ਦਾ ਮੁੜਿਆ ਪੰਨਾ ਇੰਝ ਕਹਿ ਰਿਹਾ ਸੀ ਜਿਵੇਂ ਇਹ ਸੰਘਰਸ਼ ਅਧੂਰਾ ਹੈ, ਜਿਸ ਨੂੰ ਆਉਣ ਵਾਲੀ ਪੀੜ੍ਹੀ ਪੂਰਾ ਕਰੇਗੀ। ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ, 5 ਮਹੀਨੇ ਅਤੇ 27 ਦਿਨ ਸੀ।
ਲਾਸ਼ਾਂ ਨੂੰ ਹੁਸੈਨੀਵਾਲਾ (ਫਿਰੋਜ਼ਪੁਰ) ਦੇ ਕੰਢੇ ਲਿਜਾ ਕੇ ਕੀਤੀ ਗਈ ਅਗਨੀ ਭੇਂਟ

ਲੋਕਾਂ ਦੇ ਇਕੱਠ ਤੋਂ ਡਰਦਿਆਂ ਜੇਲ੍ਹ ਦੀ ਪਿਛਲੀ ਦੀਵਾਰ ਤੋੜ ਕੇ ਲਾਸ਼ਾਂ ਨੂੰ ਹੁਸੈਨੀਵਾਲਾ (ਫਿਰੋਜ਼ਪੁਰ) ਸਤਲੁਜ ਦਰਿਆ ਦੇ ਕੰਢੇ ਲਿਜਾ ਕੇ ਜਲਾ ਦਿੱਤਾ ਗਿਆ। 23 ਮਾਰਚ 1931 ਨੂੰ ਭਰ ਜਵਾਨੀ ਵਿੱਚ ਰਾਜਗੁਰੂ ਤੇ ਸੁਖਦੇਵ ਦੇ ਨਾਲ ਵਤਨ ਲਈ ਜਿੰਦ ਵਾਰਨ ਵਾਲੇ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੋ ਹੈ ਕਿ ਉਨ੍ਹਾਂ ਦੀ ਸੋਚ ਨੂੰ ਬਚਾਇਆ ਜਾਵੇ। ਇਹ ਸ਼ਹੀਦਾਂ ਦੇ ਖ਼ੂਨ ਨਾਲ ਸਿੰਜਿਆ ਰੁੱਖ ਹੀ ਹੈ ਕਿ, ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਜਦੋਂ ਸ਼ਹੀਦਾਂ ਦਾ ਖ਼ੂਨ ਡੁੱਲ੍ਹਦਾ ਹੈ, ਤਾਂ ਕੌਮਾਂ ਦੀ ਤਕਦੀਰ ਬਦਲਣੀ ਹੀ ਹੁੰਦੀ ਹੈ। ਸ਼ਹੀਦ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਨਵੀਂ ਕੌਮ ਦੀ ਵਿਉਂਤ ਬਣਾ ਜਾਂਦੇ ਹਨ। ਲੋੜ ਸ਼ਹੀਦਾਂ ਦੇ ਦਰਸਾਏ ਰਾਹ ਉੱਪਰ ਚੱਲਣ ਦੀ ਹੈ।



Leave a Comment