Punjab Elections 2027

Punjab Elections 2027: ‘ਆਪ’ ਦੀ ਪਹਿਲੀ ਸੂਚੀ ਜਾਰੀ, CM ਮਾਨ ਮੁੜ ਧੂਰੀ ਤੋਂ ਲੜਨਗੇ ਚੋਣ; ਜੇਲ੍ਹ ‘ਚ ਬੰਦ ਮੰਤਰੀ ਦਾ ਨਾਂਅ ਵੀ ਸ਼ਾਮਲ

40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਕੋਟਕਪੂਰਾ ਤੋਂ ਲੜਨਗੇ ਚੋਣ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। Punjab Elections 2027 ਨੂੰ ਧਿਆਨ ਵਿੱਚ ਰੱਖਦਿਆਂ ਚੋਣਾਂ ਵਿੱਚ ਅਜੇ ਕਈ ਮਹੀਨਿਆਂ ਦਾ ਸਮਾਂ ਬਾਕੀ ਹੈ, ਪਰ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੇ ਐਲਾਨ ਵਿੱਚ ਪਹਿਲ ਕਰ ਦਿੱਤੀ ਹੈ। ਪਾਰਟੀ ਨੇ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਜੇਲ੍ਹ ਵਿੱਚ ਬੰਦ ਮੰਤਰੀ ਸੰਜੀਵ ਅਰੋੜਾ ਸਮੇਤ ਕਈ ਮੌਜੂਦਾ ਵਿਧਾਇਕਾਂ ਦੇ ਨਾਂ ਸ਼ਾਮਲ ਹਨ।

ਧੂਰੀ ਤੋਂ ਹੀ ਚੋਣ ਲੜਨਗੇ ਮੁੱਖ ਮੰਤਰੀ ਭਗਵੰਤ ਮਾਨ

‘ਆਪ’ ਦੀ ਪਹਿਲੀ ਸੂਚੀ ਵਿੱਚ ਸਭ ਤੋਂ ਅਹਿਮ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ। ਪਾਰਟੀ ਨੇ ਉਨ੍ਹਾਂ ਨੂੰ ਮੁੜ ਧੂਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹਲਕਾ ਬਦਲਣ ਸਬੰਧੀ ਚੱਲ ਰਹੀਆਂ ਸਿਆਸੀ ਚਰਚਾਵਾਂ ‘ਤੇ ਵੀ ਵਿਰਾਮ ਲੱਗ ਗਿਆ ਹੈ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਧੂਰੀ ਤੋਂ ਚੋਣ ਲੜੀ ਸੀ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਭਗਵੰਤ ਮਾਨ ਨੂੰ 82,592 ਜਦਕਿ ਦਲਬੀਰ ਸਿੰਘ ਗੋਲਡੀ ਨੂੰ 24,386 ਵੋਟਾਂ ਮਿਲੀਆਂ ਸਨ।

ਜੇਲ੍ਹ ‘ਚ ਬੰਦ ਮੰਤਰੀ ਸੰਜੀਵ ਅਰੋੜਾ ਨੂੰ ਵੀ ਟਿਕਟ

ਇਸ ਸੂਚੀ ਵਿੱਚ ਇੱਕ ਹੋਰ ਨਾਂ ਸਿਆਸੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਆਮ ਆਦਮੀ ਪਾਰਟੀ ਨੇ ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੀ ਮੁੜ ਲੁਧਿਆਣਾ ਪੱਛਮੀ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇਸ ਸਾਲ ਮਈ ਵਿੱਚ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਇਸ ਦੇ ਬਾਵਜੂਦ ਪਾਰਟੀ ਵੱਲੋਂ ਉਨ੍ਹਾਂ ‘ਤੇ ਮੁੜ ਭਰੋਸਾ ਜਤਾਉਂਦਿਆਂ ਟਿਕਟ ਦਿੱਤੀ ਗਈ ਹੈ।

ਕੁਲਤਾਰ ਸੰਧਵਾਂ ਕੋਟਕਪੂਰਾ ਤੋਂ ਲੜਨਗੇ ਚੋਣ

ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪਹਿਲੀ ਸੂਚੀ ਵਿੱਚ ਜ਼ਿਆਦਾਤਰ ਮੌਜੂਦਾ ਵਿਧਾਇਕਾਂ ਨੂੰ ਹੀ ਮੁੜ ਮੌਕਾ ਦਿੱਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਸੂਚੀ ਵਿੱਚ 40 ਮੌਜੂਦਾ ਵਿਧਾਇਕਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਜਾਰੀ ਹੋਈ ਸੂਚੀ

ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਅਹਿਮ ਮੀਟਿੰਗ ਹੋਈ ਸੀ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ ਸਨ।

ਇਸ ਤੋਂ ਬਾਅਦ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਨੇ ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਉਮੀਦਵਾਰਾਂ ਦੀ ਚੋਣ ਲਈ ਜਨਤਕ ਸਰਵੇਖਣਾਂ ਅਤੇ ਉਨ੍ਹਾਂ ਦੇ ਕੰਮਕਾਜ ਨੂੰ ਆਧਾਰ ਬਣਾਇਆ ਗਿਆ ਹੈ। ਸੂਚੀ ਜਾਰੀ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀ ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

arvind kejriwal
Pic Credit: The Times of India

ਵਿਕਾਸ ਕਾਰਜਾਂ ਨੂੰ ਚੋਣ ਮੁੱਦਾ ਬਣਾਉਣ ਦੀ ਤਿਆਰੀ

2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਨੂੰ ਮੁੱਖ ਚੋਣ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੀ ਹੈ। ਪਾਰਟੀ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਸਿੰਚਾਈ ਦੇ ਖੇਤਰਾਂ ਵਿੱਚ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਰਣਨੀਤੀ ਬਣਾਈ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਰਿਹਾ, ਜਿੱਥੇ ਸਿੱਖਿਆ, ਸਿਹਤ ਅਤੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਹੂਲਤਾਂ ਨਾ ਪਹੁੰਚੀਆਂ ਹੋਣ।

ਬਾਕੀ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਬਾਕੀ

ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਸੀਟਾਂ ਹਨ। ਆਮ ਆਦਮੀ ਪਾਰਟੀ ਵੱਲੋਂ ਪਹਿਲੇ ਪੜਾਅ ਵਿੱਚ 40 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਜਦਕਿ ਬਾਕੀ ਸੀਟਾਂ ਲਈ ਨਾਵਾਂ ‘ਤੇ ਵਿਚਾਰ ਜਾਰੀ ਹੈ।

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 2027 ਦੀ ਸ਼ੁਰੂਆਤ ਵਿੱਚ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਚੋਣ ਕਮਿਸ਼ਨ ਵੱਲੋਂ ਅਜੇ ਤੱਕ ਚੋਣਾਂ ਦੇ ਅਧਿਕਾਰਤ ਸ਼ਡਿਊਲ ਦਾ ਐਲਾਨ ਨਹੀਂ ਕੀਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਦੋਂ ਕਰਦੀਆਂ ਹਨ ਅਤੇ ਪੰਜਾਬ ਦੀ ਚੋਣ ਸਿਆਸਤ ਕਿਹੜਾ ਰੁਖ਼ ਅਖ਼ਤਿਆਰ ਕਰਦੀ ਹੈ।

Richa Ahuja

Richa Ahuja is a journalist, producer, and storyteller with over 14 years of experience in media. Her professional journey spans news agencies, television news channels, digital platforms, and advertising. She has also worked on several special projects, including projects associated with MHRD, an astrology-based television show, and an event centred on the Nirbhaya case. She has a keen interest in writing about trending issues, current affairs, and stories that connect with people. She also enjoys exploring subjects that are close to her heart, bringing a thoughtful and engaging perspective to her work.

Post navigation

ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਵਿਸ਼ਵ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ, ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗ਼ਮਾ

17 ਸਾਲਾ ਪੰਜਾਬੀ ਖਿਡਾਰੀ ਦੀ ਇਤਿਹਾਸਕ ਪ੍ਰਾਪਤੀ, ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਵਿੱਚ ਤਗ਼ਮਾ ਜਿੱਤਣ ਵਾਲਾ ਪੰਜਾਬ ਦਾ…

Leave a Comment

Leave a Reply

Your email address will not be published. Required fields are marked *